ਪੰਜਾਬ ‘ਚ ਮੁੜ ਬੱਸਾਂ ਦਾ ਚੱਕਾ ਜਾਮ ਕਰਨ ਦੀ ਤਿਆਰੀ, PRTC ਤੇ ਪਨਬੱਸ ਮੁਲਾਜ਼ਮਾਂ ਵੱਲੋਂ 3 ਦਿਨਾਂ ਦੀ ਹੜਤਾਲ ਦਾ ਐਲਾਨ
ਪੰਜਾਬ ਵਿੱਚ ਇੱਕ ਵਾਰ ਫਿਰ ਬੱਸਾਂ ਦਾ ਸਫ਼ਰ ਪ੍ਰਭਾਵਿਤ ਹੋ ਸਕਦਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ PRTC, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮਾਂ ਨੇ 16 ਨਵੰਬਰ ਤੋਂ ਤਿੰਨ ਦਿਨਾਂ ਦੀ ਪੰਜਾਬ ਪੱਧਰੀ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਜੇਕਰ ਇਹ ਹੜਤਾਲ ਹੁੰਦੀ ਹੈ ਤਾਂ ਸੂਬੇ ਵਿੱਚ ਬੱਸ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।ਦਰਅਸਲ, ਬਰਨਾਲਾ ਵਿਖੇ ਪੰਜਾਬ ਰੋਡਵੇਜ਼, PRTC ਅਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਡਿਪੂ 2511 ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਯੂਨੀਅਨ ਆਗੂ ਸੁਖਪਾਲ ਸਿੰਘ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਠੇਕੇਦਾਰੀ ਸਿਸਟਮ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਇਹ ਵਾਅਦੇ ਪੂਰੇ ਨਹੀਂ ਹੋਏ।

ਯੂਨੀਅਨ ਆਗੂਆਂ ਮੁਤਾਬਕ ਸਰਕਾਰ ਨੇ 2026 ਦਾ ਐਕਟ ਲਿਆਉਣ ਦੇ ਦਾਅਵੇ ਤਾਂ ਕੀਤੇ, ਪਰ ਇਸ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਲਿਆਉਣ ਦੀ ਪ੍ਰਕਿਰਿਆ ਵੀ ਅੱਗੇ ਨਹੀਂ ਵਧੀ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।
ਇਸ ਦੇ ਨਾਲ ਹੀ ਟਰਾਂਸਪੋਰਟ ਵਿਭਾਗ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਵਿਭਾਗ ਵਿੱਚ ਨਵੀਆਂ ਬੱਸਾਂ ਸ਼ਾਮਲ ਨਹੀਂ ਕੀਤੀਆਂ ਜਾ ਰਹੀਆਂ। ਡਿਪੂਆਂ ਵਿੱਚ ਖੜ੍ਹੀਆਂ ਮਿੰਨੀ ਬੱਸਾਂ ਵੀ ਨੰਬਰ ਪਲੇਟਾਂ ਨਾ ਹੋਣ ਕਾਰਨ ਸੜਕਾਂ ‘ਤੇ ਨਹੀਂ ਉਤਰ ਸਕੀਆਂ।ਹੁਣ ਗੱਲ ਕਰਦੇ ਹਾਂ ਮੁਲਾਜ਼ਮਾਂ ਵੱਲੋਂ ਐਲਾਨੇ ਗਏ ਅਗਲੇ ਸੰਘਰਸ਼ ਦੀ। ਯੂਨੀਅਨ ਮੁਤਾਬਕ 14 ਅਤੇ 15 ਨਵੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਵਿੱਚ ਠੇਕਾ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਭੰਡੀ ਪ੍ਰਚਾਰ ਕੀਤਾ ਜਾਵੇਗਾ।
ਇਸ ਤੋਂ ਬਾਅਦ 16 ਨਵੰਬਰ ਤੋਂ ਤਿੰਨ ਦਿਨਾਂ ਪੰਜਾਬ ਪੱਧਰੀ ਹੜਤਾਲ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਵੀ ਦਿੱਤਾ ਜਾਵੇਗਾ।
ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਕੀ ਫ਼ੈਸਲਾ ਲੈਂਦੀ ਹੈ ਜਾਂ ਫਿਰ ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਬੱਸਾਂ ਦੀ ਹੜਤਾਲ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।