ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸੰਸਕਾਰ ਤੋਂ ਬਾਅਦ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਾਨਸਾ ਸਥਿਤ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਆਪਣੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ।ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੁਝ ਰੁਝੇਵਿਆਂ ਕਾਰਨ ਉਹ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸੰਸਕਾਰ ਮੌਕੇ ਨਹੀਂ ਪਹੁੰਚ ਸਕੇ ਸਨ। ਇਸੇ ਕਾਰਨ ਅੱਜ ਉਹ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹੋਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਗੰਭੀਰ ਹੈ।
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ, ਇਸ ਲਈ ਸਰਕਾਰ ਵੱਲੋਂ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਰਿਵਾਰ ਦੀਆਂ ਜਿਹੜੀਆਂ ਮੰਗਾਂ ਸਰਕਾਰ ਵੱਲੋਂ ਮੰਨੀਆਂ ਗਈਆਂ ਸਨ, ਉਨ੍ਹਾਂ ਉੱਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।