ਚੰਡੀਗੜ੍ਹ: ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ (ਸੁਤੰਤਰ ਚਾਰਜ) ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਐਨਡੀਏ ਸਰਕਾਰਾਂ ਦੇ ਸ਼ਾਸਨ ਦੇ ਦੋ ਮੁੱਖ ਆਧਾਰ ਸੁਸ਼ਾਸਨ ਅਤੇ ਵਿਕਾਸ ਹਨ। ਪਾਰਟੀ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਪੰਜਾਬ ਦੀ ਜਨਤਾ ਵਿੱਚ ਜਾਵੇਗੀ ਅਤੇ ਸੂਬੇ ਵਿੱਚ ਬਿਹਤਰ ਸ਼ਾਸਨ ਪ੍ਰਣਾਲੀ ਸਥਾਪਤ ਕਰਨ ਦਾ ਯਤਨ ਕਰੇਗੀ।ਅਰਜੁਨ ਰਾਮ ਮੇਘਵਾਲ ਨੇ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਰਾਜ ਦੀਆਂ ਵੀ ਮੁੱਖ ਵਿਸ਼ੇਸ਼ਤਾਵਾਂ ਚੰਗਾ ਪ੍ਰਸ਼ਾਸਨ ਅਤੇ ਵਿਕਾਸ ਸਨ। ਭਾਜਪਾ ਵੀ ਇਨ੍ਹਾਂ ਸਿਧਾਂਤਾਂ ਨੂੰ ਆਧਾਰ ਬਣਾ ਕੇ ਪੰਜਾਬ ਵਿੱਚ ਕੰਮ ਕਰਨਾ ਚਾਹੁੰਦੀ ਹੈ।ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੇ ਜਾਣ ਸਬੰਧੀ ਸਵਾਲ ’ਤੇ ਕੇਂਦਰੀ ਮੰਤਰੀ ਨੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੈਰੋਲ ਇੱਕ ਕਾਨੂੰਨੀ ਪ੍ਰਕਿਰਿਆ ਹੈ ਅਤੇ ਇਸ ਸਬੰਧੀ ਫੈਸਲਾ ਕਾਨੂੰਨ ਅਨੁਸਾਰ ਹੀ ਲਿਆ ਜਾਂਦਾ ਹੈ। ਇਸ ਲਈ ਉਹ ਇਸ ਮਾਮਲੇ ’ਤੇ ਕੁਝ ਨਹੀਂ ਕਹਿਣਾ ਚਾਹੁੰਦੇ।

ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਤੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੇ ਸੰਭਾਵੀ ਪ੍ਰਭਾਵ ਬਾਰੇ ਪੁੱਛੇ ਸਵਾਲ ਨੂੰ ਵੀ ਉਨ੍ਹਾਂ ਕਾਨੂੰਨੀ ਪ੍ਰਕਿਰਿਆ ਨਾਲ ਜੁੜਿਆ ਮਾਮਲਾ ਦੱਸਿਆ।ਪੰਜ ਸੂਬਿਆਂ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਇੱਕ ਸੰਗਠਨ ਆਧਾਰਿਤ ਪਾਰਟੀ ਹੈ ਅਤੇ ਇਸ ਦੀਆਂ ਚੋਣ ਤਿਆਰੀਆਂ ਲਗਾਤਾਰ ਚੱਲਦੀਆਂ ਰਹਿੰਦੀਆਂ ਹਨ। ਬੂਥ, ਮੰਡਲ ਅਤੇ ਸੰਗਠਨ ਪੱਧਰ ’ਤੇ ਪਾਰਟੀ ਦੇ ਵਰਕਰ ਸਰਗਰਮ ਰਹਿੰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਕੰਮਾਂ ਨੂੰ ਲੈ ਕੇ ਪਾਰਟੀ ਲਗਾਤਾਰ ਲੋਕਾਂ ਵਿੱਚ ਜਾ ਰਹੀ ਹੈ।ਉੱਧਰ, ਸ਼੍ਰੋਮਣੀ ਅਕਾਲੀ ਦਲ ਨਾਲ ਭਵਿੱਖ ਵਿੱਚ ਗਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਸਵਾਲ ’ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਪ੍ਰੈੱਸ ਰਾਹੀਂ ਵੱਖਰੇ ਤੌਰ ’ਤੇ ਜਾਣਕਾਰੀ ਦਿੱਤੀ ਜਾਵੇਗੀ।