ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੱਖਾਂ ਸ਼ਰਧਾਲੂ ਗੁਰਦੁਆਰਿਆਂ ਦੇ ਮੁੜ ਖੁੱਲ੍ਹਣ ਲਈ ਅਰਦਾਸ ਕਰਦੇ ਹਨ। ਵਿਧਾਨਸਭਾ ਵਿੱਚ ਪਾਸ ਕੀਤੇ ਮਤੇ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕੇਂਦਰ ਸਰਕਾਰ ਤੋਂ ਜਲਦੀ ਐਲਾਨ ਦੀ ਉਮੀਦ ਪ੍ਰਗਟਾਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ, “ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮੇਰੀ ਅਪੀਲ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ। ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਅਰਦਾਸ ਕਰਦੀ ਹੈ। ਸੰਗਤਾਂ ਦੀ ਇਸੇ ਆਸ ਨੂੰ ਮੁੱਖ ਰੱਖਦਿਆਂ ਅਸੀਂ ਪੰਜਾਬ ਵਿਧਾਨ ਸਭਾ ‘ਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਸੀ। ਮੈਨੂੰ ਉਮੀਦ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤੁਸੀਂ ਜਲਦ ਹੀ ਲਾਂਘਾ ਖੋਲ੍ਹਣ ਦਾ ਐਲਾਨ ਕਰੋਂਗੇ।”
ਮੌਜੂਦਾ ਬੰਦ ਕਦੋਂ ਹੋਇਆ ?
ਕੇਂਦਰੀ ਵਿਦੇਸ਼ ਵਿਭਾਗ ਦੇ ਰਿਕਾਰਡ ਮੁਤਾਬਕ, ਕਰਤਾਰਪੁਰ ਲਾਂਘਾ 7 ਮਈ, 2025 ਤੋਂ ਬੰਦ ਹੈ। ਇਹ ਫੈਸਲਾ 22 ਅਪ੍ਰੈਲ, 2025 ਦੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਏ ਭਾਰਤ-ਪਾਕਿਸਤਾਨ ਤਣਾਅ ਦੇ ਦੌਰਾਨ ਲਿਆ ਗਿਆ। ਭਾਰਤ ਸਰਕਾਰ ਨੇ 31 ਜੁਲਾਈ 2026 ਦੇ ਲੋਕ ਸਭਾ ਜਵਾਬ ਵਿੱਚ ਸਪੱਸ਼ਟ ਕੀਤਾ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ 7 ਮਈ 2025 ਤੋਂ ਮੁਅੱਤਲ ਹਨ।
ਸ੍ਰੀ ਕਰਤਾਰਪੁਰ ਸਾਹਿਬ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅਧਿਕਾਰਿਤ ਪੋਰਟਲ ਮੁਤਾਬਕ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਧਰਮ ਨਾਲ ਸਬੰਧਿਤ ਬਹੁਤ ਹੀ ਪਵਿੱਤਰ ਅਸਥਾਨ ਹੈ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਇੱਥੇ ਬਿਤਾਏ ਸਨ। ਗੁਰੂ ਜੀ ਨੇ ਇਸੇ ਅਸਥਾਨ ‘ਤੇ ਖੇਤੀਬਾੜੀ ਕਰਕੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦਾ ਮਹਾਨ ਉਪਦੇਸ਼ ਦਿੱਤਾ ਅਤੇ ਸਿੱਖੀ ਦੀ ਨੀਂਹ ਪੱਕੀ ਕੀਤੀ। ਗੁਰੂ ਨਾਨਕ ਦੇਵ ਜੀ ਇਸੇ ਪਵਿੱਤਰ ਧਰਤੀ ‘ਤੇ ਜੋਤੀ ਜੋਤਿ ਸਮਾਏ ਸਨ, ਜਿਸ ਕਾਰਨ ਇਹ ਸਿੱਖ ਜਗਤ ਲਈ ਅਥਾਹ ਸ਼ਰਧਾ ਦਾ ਕੇਂਦਰ ਹੈ। 1947 ਦੀ ਵੰਡ ਦੌਰਾਨ ਇਹ ਅਸਥਾਨ ਪਾਕਿਸਤਾਨ ਵਿਚ ਰਹਿ ਗਿਆ ਸੀ ਜਿਸ ਦੇ ਦਰਸ਼ਨਾਂ ਦੀ ਤਾਂਘ ਹਮੇਸ਼ਾ ਸੰਗਤ ਦੇ ਮਨ ਵਿੱਚ ਰਹੀ।