ਗੁਰੂ ਧਾਮਾਂ ਦੇ ਦਰਸ਼ਨਾਂ ਨੂੰ ਜਾਵੇਗਾ ਜੱਥਾ
ਭਲਕੇ ਯਾਨੀ 22 ਨਵੰਬਰ ਨੂੰ ਇਹ ਜਥਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਵੇਗਾ ਅਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਦਾਖ਼ਲ ਹੋਵੇਗਾ। ਪਾਕਿਸਤਾਨ ਯਾਤਰਾ ਦੌਰਾਨ ਇਹ ਜਥਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੱਚਾ ਸੌਦਾ ਸਮੇਤ ਹੋਰਨਾਂ ਪ੍ਰਮੁੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਸਾਰੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਇਹ ਜਥਾ 1 ਦਸੰਬਰ ਨੂੰ ਵਾਪਸ ਭਾਰਤ ਪਰਤੇਗਾ।

ਪਾਸਪੋਰਟ ਪ੍ਰਾਪਤ ਕਰਨ ਲਈ ਪਹੁੰਚੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਭਾਵੁਕਤਾ ਸਾਫ਼ ਝਲਕ ਰਹੀ ਸੀ। ਅੰਮ੍ਰਿਤਸਰ ਦੇ ਅਜਨਾਲਾ ਖੇਤਰ ਅਧੀਨ ਪੈਂਦੇ ਪਿੰਡ ਚਮਿਆਰੀ ਤੋਂ ਆਏ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲੀ ਵਾਰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਲੰਮੇ ਸਮੇਂ ਤੋਂ ਕੀਤੀ ਜਾ ਰਹੀ ਅਰਦਾਸ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਸਦਕਾ ਪੂਰੀ ਹੋਣ ਜਾ ਰਹੀ ਹੈ।’
ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਨੇੜਲੇ ਪਿੰਡ ਜੈਮਲ ਵਾਲਾ ਤੋਂ ਪਹੁੰਚੇ ਸ਼ਰਧਾਲੂ ਗੁਰਮੀਤ ਸਿੰਘ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਨਮ ਤੋਂ ਹੀ ਉਨ੍ਹਾਂ ਦੀ ਇੱਛਾ ਸੀ ਕਿ ਉਹ ਵਿਛੜੇ ਹੋਏ ਗੁਰਧਾਮਾਂ ਦੇ ਦਰਸ਼ਨ ਕਰਨ, ਜੋ ਅੱਜ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਨੇ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਨਹੀਂ ਲੱਗ ਸਕੇ, ਉਨ੍ਹਾਂ ਲਈ ਵੀ ਅਰਦਾਸ ਕਰਦਿਆਂ ਕਿਹਾ ਕਿ ਅਗਲੀ ਵਾਰ ਉਨ੍ਹਾਂ ਨੂੰ ਵੀ ਦਰਸ਼ਨਾਂ ਦਾ ਜ਼ਰੂਰ ਮੌਕਾ ਮਿਲਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਪਾਸਪੋਰਟ ਦੀ ਸ਼ਰਤ ਖ਼ਤਮ ਕਰਕੇ ਸਿਰਫ਼ ਆਧਾਰ ਕਾਰਡ ਰਾਹੀਂ ਦਰਸ਼ਨਾਂ ਦੀ ਇਜਾਜ਼ਤ ਦੇਣ ਦੀ ਵੀ ਪੁਰਜ਼ੋਰ ਮੰਗ ਉਠਾਈ।